ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਸ਼੍ਰੋਮਣੀ ਕਮੇਟੀ ਤੇ ਜ਼ਿਲ੍ਹਾ ਪ੍ਰਸ਼ਾਸਨ ਦੀ ਹੋਈ ਇਕੱਤਰਤਾ
19 ਅਕਤੂਬਰ ਨੂੰ ਮਨਾਇਆ ਜਾਵੇਗਾ ਪ੍ਰਕਾਸ਼ ਗੁਰਪੁਰਬ, 18 ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸਜੇਗਾ ਨਗਰ ਕੀਰਤਨ
ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਗੁਰਪੁਰਬ ਮੌਕੇ ਕੀਤੇ ਜਾਣ ਵਾਲੇ ਸਮਾਗਮਾਂ ਸਬੰਧੀ ਸ਼੍ਰੋਮਣੀ ਕਮੇਟੀ ਦੇ ਅਧਿਕਾਰੀਆਂ ਨੇ ਜ਼ਿਲ੍ਹਾ ਸਿਵਲ ਪ੍ਰਸ਼ਾਸਨ ਅਤੇ ਪੁਲਿਸ ਅਧਿਕਾਰੀਆਂ ਨਾਲ ਬੈਠਕ ਕੀਤੀ। ਇਕੱਤਰਤਾ ’ਚ ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਪ੍ਰਤਾਪ ਸਿੰਘ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸ. ਭਗਵੰਤ ਸਿੰਘ ਧੰਗੇੜਾ, ਏਡੀਸੀ ਜੋਤੀ ਬਾਲਾ, ਐਸਡੀਐਮ ਸ. ਗੁਰਸਿਮਰਨ ਸਿੰਘ, ਨਗਰ ਨਿਗਮ ਦੇ ਸਹਾਇਕ ਕਮਿਸ਼ਨਰ ਸ੍ਰੀ ਵਿਸ਼ਾਲ ਵਧਾਵਨ, ਐਸਐਸਪੀ ਸ. ਹਰਪਾਲ ਸਿੰਘ ਸਮੇਤ ਹੋਰ ਅਧਿਕਾਰੀ ਸ਼ਾਮਲ ਸਨ। ਬੈਠਕ ਵਿਚ ਸ੍ਰੀ ਦਰਬਾਰ ਸਾਹਿਬ ਨੂੰ ਆਉਂਦੇ ਰਸਤਿਆਂ ਅਤੇ ਗੁਰੂ ਨਗਰੀ ਵਿਚ ਸਾਫ਼ ਸਫ਼ਾਈ, ਟ੍ਰੈਫ਼ਿਕ ਸਮੇਤ ਹੋਰ ਅਹਿਮ ਮਸਲਿਆਂ ਨੂੰ ਵਿਚਾਰਿਆ ਗਿਆ।
Bureo chief-Sunil kumar
ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਪ੍ਰਤਾਪ ਸਿੰਘ ਨੇ ਕਿਹਾ ਕਿ ਸ੍ਰੀ ਅੰਮ੍ਰਿਤਸਰ ਸ਼ਹਿਰ ਦੇ ਬਾਨੀ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਗੁਰਪੁਰਬ 19 ਅਕਤੂਬਰ 2024 ਨੂੰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ। ਇਸ ਤੋਂ ਪਹਿਲਾਂ 18 ਅਕਤੂਬਰ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਹਰ ਸਾਲ ਵਾਂਗ ਵਿਸ਼ਾਲ ਨਗਰ ਕੀਰਤਨ ਆਯੋਜਤ ਕੀਤਾ ਜਾਵੇਗਾ, ਜੋ ਅੰਮ੍ਰਿਤਸਰ ਦੇ ਪੁਰਾਤਨ ਦਰਵਾਜ਼ਿਆਂ ਤੋਂ ਹੁੰਦਾ ਹੋਇਆ ਵਾਪਸ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸੰਪੰਨ ਹੋਵੇਗਾ। ਉਨ੍ਹਾਂ ਕਿਹਾ ਕਿ ਚੌਥੇ ਪਾਤਸ਼ਾਹ ਦੀ ਨਗਰੀ ਸ੍ਰੀ ਅੰਮ੍ਰਿਤਸਰ ਦਾ ਵਸਨੀਕ ਹੋਣਾ ਸਾਡੇ ਲਈ ਮਾਣ ਵਾਲੀ ਗੱਲ ਹੈ ਅਤੇ ਗੁਰੂ ਸਾਹਿਬ ਦੇ ਪ੍ਰਕਾਸ਼ ਦਿਹਾੜੇ ਮੌਕੇ ਸ਼ਹਿਰ ਨੂੰ ਸਾਫ਼ ਸੁਥਰਾ ਰੱਖਣਾ ਸਾਡੀ ਸਭ ਦੀ ਜ਼ੁੰਮੇਵਾਰੀ ਹੈ। ਉਨ੍ਹਾਂ ਕਿਹਾ ਕਿ ਇਹ ਦਿਹਾੜਾ ਯਾਦਗਾਰੀ ਢੰਗ ਨਾਲ ਮਨਾਉਣ ਲਈ ਹਰ ਸਾਲ ਪ੍ਰਸ਼ਾਸਨ ਵੱਲੋਂ ਵੱਡਾ ਸਹਿਯੋਗ ਪ੍ਰਾਪਤ ਹੁੰਦਾ ਹੈ ਅਤੇ ਇਸ ਵਾਰ ਵੀ ਸਾਂਝੇ ਤੌਰ ’ਤੇ ਲੋੜੀਂਦੇ ਪ੍ਰਬੰਧ ਕੀਤੇ ਜਾਣਗੇ।
ਇਸ ਦੌਰਾਨ ਅੰਮ੍ਰਿਤਸਰ ਦੇ ਏਡੀਸੀ ਜੋਤੀ ਬਾਲਾ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਆਪਣੇ ਜ਼ੁੰਮੇ ਲੱਗੀ ਹਰ ਸੇਵਾ ਤਨਦੇਹੀ ਨਾਲ ਨਿਭਾਏਗਾ ਅਤੇ ਸ਼੍ਰੋਮਣੀ ਕਮੇਟੀ ਨੂੰ ਹਰ ਪੱਧਰ ’ਤੇ ਸਹਿਯੋਗ ਕੀਤਾ ਜਾਵੇਗਾ। ਪੁਲਿਸ ਪ੍ਰਸ਼ਾਸਨ ਵੱਲੋਂ ਐਸਐਸਪੀ ਸ. ਹਰਪਾਲ ਸਿੰਘ ਨੇ ਵੀ ਪ੍ਰਕਾਸ਼ ਪੁਰਬ ਸਮਾਗਮਾਂ ਮੌਕੇ ਹਰ ਤਰ੍ਹਾਂ ਦੇ ਸਹਿਯੋਗ ਦੀ ਵਚਨਬੱਧਤਾ ਪ੍ਰਗਟਾਈ। ਇਸ ਮੌਕੇ ਪੁੱਜੀਆਂ ਸ਼ਖ਼ਸੀਅਤਾਂ ਨੂੰ ਗੁਰੂ ਬਖ਼ਸ਼ਿਸ਼ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਮੈਨੇਜਰ ਸ. ਨਰਿੰਦਰ ਸਿੰਘ, ਵਧੀਕ ਮੈਨੇਜਰ ਸ. ਗੁਰਪ੍ਰੀਤ ਸਿੰਘ ਰੋਡੇ, ਸੂਚਨਾ ਅਧਿਕਾਰੀ ਸ. ਰਣਧੀਰ ਸਿੰਘ, ਸ. ਸੰਦੀਪ ਸਿੰਘ ਐਸਈ, ਐਕਸੀਅਨ ਸ. ਗਗਨਜੀਤ ਸਿੰਘ, ਹੈਲਥ ਅਫ਼ਸਰ ਡਾ. ਕਿਰਨ ਕੁਮਾਰ, ਸ. ਸੁਰਿੰਦਰ ਸਿੰਘ ਜੇਈ, ਸ੍ਰੀ ਰਾਜਨ ਕੁਮਾਰ, ਸ੍ਰੀ ਤੇਜਿੰਦਰ ਕੁਮਾਰ, ਸ. ਗੁਰਜੀਤ ਸਿੰਘ, ਸ. ਰਣਜੀਤ ਸਿੰਘ ਹੋਰ ਵਿਭਾਗਾਂ ਦੇ ਅਧਿਕਾਰੀ ਵੀ ਹਾਜ਼ਰ ਸਨ।
Bureo chief-Sunil kumar