ਸ਼੍ਰੋਮਣੀ ਕਮੇਟੀ ਵੱਲੋਂ 450 ਸਾਲਾ ਸ਼ਤਾਬਦੀ ਨੂੰ ਸਮਰਪਿਤ ਉਤਰ ਪ੍ਰਦੇਸ਼ ਦੇ ਪੂਰਨਪੁਰ ਵਿਖੇ ਗੁਰਮਤਿ ਸਮਾਗਮ
ਅੰਮ੍ਰਿਤ ਸੰਚਾਰ ਸਮਾਗਮ ਸਮੇਂ 185 ਪ੍ਰਾਣੀ ਅੰਮ੍ਰਿਤ ਛੱਕ ਕੇ ਗੁਰੂ ਵਾਲੇ ਬਣੇ
Sunil Kumar Bureo chief
ਅੰਮ੍ਰਿਤਸਰ, 1 ਅਕਤੂਬਰ-
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਦੀ ਧਰਮ ਪ੍ਰਚਾਰ ਕਮੇਟੀ ਦੇ ਪ੍ਰਬੰਧ ਅਧੀਨ ਚੱਲ ਰਹੇ ‘ਸਿੱਖ ਮਿਸ਼ਨ ਉਤਰਾਖੰਡ’ ਵੱਲੋਂ ਸ੍ਰੀ ਗੁਰੂ ਰਾਮਦਾਸ ਜੀ ਦੇ ਗੁਰਿਆਈ ਦਿਵਸ ਅਤੇ ਸ੍ਰੀ ਗੁਰੂ ਅਮਰਦਾਸ ਸਾਹਿਬ ਜੀ ਦੇ ਜੋਤੀ-ਜੋਤਿ ਦਿਵਸ ਦੀ 450 ਸਾਲਾ ਸ਼ਤਾਬਦੀ ਨੂੰ ਸਮਰਪਿਤ ਗੁਰਦੁਆਰਾ ਭਗਤ ਧੰਨਾ ਜੀ, ਪੂਰਨਪੁਰ, ਜ਼ਿਲ੍ਹਾ ਪੀਲੀਭੀਤ (ਉੱਤਰ ਪ੍ਰਦੇਸ਼) ਵਿਖੇ ਗੁਰਮਤਿ ਸਮਾਗਮ ਕਰਵਾਏ ਗਏ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਦਿਸ਼ਾ ਨਿਰਦੇਸ਼ ਅਨੁਸਾਰ ਧਰਮ ਪ੍ਰਚਾਰ ਕਮੇਟੀ ਦੇ ਮੈਂਬਰ ਭਾਈ ਅਜਾਇਬ ਸਿੰਘ ਅਭਿਆਸੀ ਅਤੇ ਸਕੱਤਰ ਸ. ਬਲਵਿੰਦਰ ਸਿੰਘ ਕਾਹਲਵਾਂ ਦੇ
ਯਤਨਾ ਸਦਕਾ ਬਾਬਾ ਬਲਕਾਰ ਸਿੰਘ ਪੰਜਗਰਾਈਆਂ ਦੇ ਸਹਿਯੋਗ ਨਾਲ ਕਰਵਾਏ ਗਏ, ਇਨ੍ਹਾਂ ਗੁਰਮਤਿ ਸਮਾਗਮਾਂ ਵਿੱਚ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਗੁਰਮਿੰਦਰ ਸਿੰਘ ਨੇ ਵਿਸ਼ੇਸ਼ ਤੌਰ ’ਤੇ ਹਾਜਰੀ ਭਰੀ। ਉਨ੍ਹਾ ਸੰਗਤ ਨਾਲ ਗੁਰ ਇਤਿਹਾਸ ਦੀ ਸਾਂਝ ਪਾਉਂਦਿਆਂ ਗੁਰੂ ਆਸ਼ੇ ਅਨੁਸਾਰ ਜੀਵਨ ਬਤੀਤ ਕਰਨ ਦੀ ਪ੍ਰੇਰਨਾ ਕੀਤੀ। ਸਮਾਗਮ ਦੌਰਾਨ ਵੱਖ-ਵੱਖ ਰਾਗੀ, ਢਾਡੀ ਤੇ ਕਵੀਸ਼ਰ ਜਥਿਆਂ ਨੇ ਵੀ ਸੰਗਤ ਨੂੰ ਗੁਰਬਾਣੀ ਤੇ ਗੁਰ ਇਤਿਹਾਸ ਨਾਲ ਜੋੜਿਆ। ਇਸ ਮੌਕੇ ਧਰਮ ਪ੍ਰਚਾਰ ਕਮੇਟੀ ਦੇ ਮੈਂਬਰ ਭਾਈ ਅਜਾਇਬ ਸਿੰਘ ਅਭਿਆਸੀ ਤੇ ਬਾਬਾ ਬਲਕਾਰ ਸਿੰਘ ਨੇ ਵੀ ਸੰਗਤ ਨਾਲ ਵਿਚਾਰ ਸਾਂਝੇ ਕੀਤੇ। ਸਮਾਗਮ ਸਮੇਂ ਵੱਡੀ ਗਿਣਤੀ ਵਿੱਚ ਸੰਗਤਾਂ ਨੇ ਸ਼ਮੂਲੀਅਤ ਕੀਤੀ। ਧਰਮ ਪ੍ਰਚਾਰ ਕਮੇਟੀ ਵੱਲੋਂ ਸੰਗਤ ਵਿੱਚ ਧਾਰਮਿਕ ਲਿਟਰੇਚਰ ਭੇਟਾ ਰਹਿਤ ਵੰਡਿਆ ਗਿਆ। ਇਸ ਮੌਕੇ ਵਿਸ਼ੇਸ਼ ਤੌਰ ਤੇ ਅੰਮ੍ਰਿਤ ਸੰਚਾਰ ਕਰਵਾਇਆ ਗਿਆ, ਜਿਸ ਵਿਚ 185 ਪ੍ਰਾਣੀ ਅੰਮ੍ਰਿਤ ਦੀ ਦਾਤ ਪ੍ਰਾਪਤ ਕਰ ਗੁਰੂ ਵਾਲੇ ਬਣੇ। ਅੰਮ੍ਰਿਤ ਅਭਿਲਾਖੀਆਂ ਨੂੰ ਕਕਾਰ ਧਰਮ ਪ੍ਰਚਾਰ ਕਮੇਟੀ ਵੱਲੋਂ ਭੇਟਾ ਰਹਿਤ ਦਿੱਤੇ ਗਏ।
ਇਸ ਮੌਕੇ ਬਾਬਾ ਬਚਨ ਸਿੰਘ ਕਾਰ ਸੇਵਾ ਦਿੱਲੀ ਵਾਲੇ, ਸਿੱਖ ਮਿਸ਼ਨ ਉਤਰਾਖੰਡ ਦੇ ਇੰਚਾਰਜ ਭਾਈ ਸੁਖਵਿੰਦਰ ਸਿੰਘ ਐਮ.ਏ., ਪ੍ਰਚਾਰਕ ਭਾਈ ਬਲਜਿੰਦਰ ਸਿੰਘ, ਭਾਈ ਜਗਦੇਵ ਸਿੰਘ ਗੋਇੰਦਵਾਲ, ਭਾਈ ਜੋਤਸਵਰੂਪ ਸਿੰਘ, ਭਾਈ ਹਰਪ੍ਰੀਤ ਸਿੰਘ, ਭਾਈ ਗੁਰਜਿੰਦਰ ਸਿੰਘ ਸਮੇਤ ਵੱਡੀ ਗਿਣਤੀ ਵਿੱਚ ਸੰਗਤਾਂ ਹਾਜਰ ਸਨ।
ਜਾਰੀ ਕਰਤਾ:
ਜਗਤਾਰ ਸਿੰਘ ਖੋਦੇਬੇਟ
ਪਬਲੀਸਿਟੀ ਸਹਾਇਕ, ਸ਼੍ਰੋਮਣੀ ਕਮੇਟੀ
81968-00236